ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਕਰੀਬ 10 ਮਹੀਨੇ ਹੋ ਗਏ ਹਨ, ਪਰ ਉਸਦੇ ਮਾਪੇ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਇਸ ਵਿਚਾਲੇ ਅੱਜ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਪੁੱਤਰ ਦੀ ਮੌਤ ਦੇ ਇਨਸਾਫ਼ ਲਈ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠ ਗਏ ਹਨ | ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ, ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ | ਅਜੇ ਤੱਕ ਕੁਝ ਨਹੀਂ ਹੋਇਆ, ਸਿਰਫ਼ ਗੋਲੀਆਂ ਚਲਾਉਣ ਵਾਲੇ ਹੀ ਫੜੇ ਗਏ ਹਨ, ਗ੍ਰਿਫ਼ਤਾਰ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਗਵਾਹਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ।